ਪ੍ਰੋ. ਦਰਸ਼ਨ ਸਿੰਘ ਤੇ ਬਾਦਲ ਵਿਚਾਲੇ ਗੁਪਤ ਸਮਝੌਤੇ ਦੀਆਂ ਕਨਸੋਆਂ
ਅੰਮ੍ਰਿਤਸਰ, ਮਾਰਚ (ਲਾਲੀ ਬਾਠ ਮੁਗਾਲ ਮਾਜਰਾ ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਦਰਸ਼ਨ ਸਿੰਘ ਤੇ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਵਿਚ ਸਮਝੌਤਾ ਲਗਭਗ ਤੈਅ ਹੋ ਗਿਆ ਹੈ। ਪ੍ਰੋ. ਦਰਸ਼ਨ ਸਿੰਘ ਵਲੋਂ ਸਪਸ਼ਟੀਕਰਨ ਦੀ ਫ਼ਾਈਲ ‘ਤੇ ਸਿੰਘ ਸਾਹਿਬਾਨ ਵਲੋਂ ਮੁੜ ਵਿਚਾਰ ਕੀਤੀ ਜਾਵੇਗੀ ਅਤੇ 29 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਾ ਵਾਪਸ ਲਏ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪ੍ਰੋ. ਦਰਸ਼ਨ ਸਿੰਘ ਕਿਸੇ ਵੀ ਧਿਰ ਦਾ ਸਾਥ ਨਹੀਂ ਦੇਣਗੇ। ਇਸ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਬਾਜ਼ੀ ਮਾਰ ਕੇ ਸ. ਪਰਮਜੀਤ ਸਿੰਘ ਸਰਨਾ ਤੋਂ ਪ੍ਰੋ. ਦਰਸ਼ਨ ਸਿੰਘ ਨੂੰ ਵੱਖਰਾ ਕਰ ਦਿੱਤਾ ਕਿਹਾ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਅੰਮ੍ਰਿਤਸਰ ਤੱਕ ਕੂਕਾਂ ਪੈ ਰਹੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਮੁੜ ਚੁੱਪ ਚਪੀਤੇ ਬਾਜ਼ੀ ਮਾਰ ਕੇ ਪ੍ਰੋ. ਦਰਸ਼ਨ ਸਿੰਘ ਨੂੰ ਪੰਥ ਵਿਚ ਸ਼ਾਮਲ ਹੋਣ ਲਈ ਰਾਜ਼ੀ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 29 ਜਨਵਰੀ ਨੂੰ ਪ੍ਰੋ. ਦਰਸ਼ਨ ਸਿੰਘ ਨੂੰ ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਅਨੁਸਾਰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ ਅਤੇ ਸਿੱਖ ਪੰਥ ਨੂੰ ਹੁਕਮ ਜਾਰੀ ਕੀਤਾ ਗਿਆ ਸੀ ਕਿ ਪ੍ਰੋ. ਦਰਸ਼ਨ ਸਿੰਘ ਨਾਲ ਰੋਟੀ ਬੇਟੀ ਦੀ ਸਾਂਝ ਨਾ ਰੱਖੀ ਜਾਵੇ ਅਤੇ ਕਿਸੇ ਵੀ ਧਾਰਮਿਕ ਸਮਾਗਮ ਵਿਚ ਕੀਰਤਨ ਨਾ ਕਰਨ ਦੀ ਇਜਾਜਤ ਨਾ ਦਿੱਤੀ ਜਾਵੇ। ਪਰ ਸਿੱਖ ਸੰਗਤਾਂ ਨੇ ਸਿੰਘ ਸਾਹਿਬਾਨ ਦਾ ਹੁਕਮ ਨਾ ਮੰਨਿਆ ਅਤੇ ਪ੍ਰੋ. ਦਰਸ਼ਨ ਸਿੰਘ ਨਾਲ ਰੋਟੀ ਵੀ ਖਾਧੀ ਅਤੇ ਥਾਂ ਥਾਂ ‘ਤੇ ਕਈ ਗੁਰਦੁਆਰਾ ਸਾਹਿਬਾਨ ਵਿਚ ਕੀਰਤਨ ਵੀ ਕਰਵਾਇਆ, ਜਿਸ ਕਾਰਨ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਦਾ ਮਨੋਬਲ ਡਿੱਗਿਆ ਹੈ। ਦੂਜੇ ਪਾਸੇ ਅਗਾਮੀ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਧਿਆਨ ਵਿਚ ਰਖਦਿਆਂ ਸ. ਬਾਦਲ ਨੇ ਆਪਣੀ ਚਾਲ ਖੇਡੀ। ਉਚ ਸੂਤਰਾਂ ਅਨੁਸਾਰ ਪ੍ਰੋ. ਦਰਸ਼ਨ ਸਿੰਘ ਤੇ ਮੁੱਖ ਮੰਤਰੀ ਵਿਚਾਲੇ ਸਮਝੌਤਾ ਹੋ ਗਿਆ ਹੈ ਤੇ ਕੁੱਝ ਦਿਨ ਬਾਅਦ ਪ੍ਰੋ. ਦਰਸ਼ਨ ਸਿੰਘ ਨੂੰ ਮੁੜ ਸਿੱਖ ਪੰਥ ਵਿਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਇਸ ਸਮਝੌਤੇ ਤਹਿਤ 29 ਜਨਵਰੀ ਨੂੰ ਜਾਰੀ ਹੋਏ ਹੁਕਮਨਾਮੇ ‘ਤੇ ਪ੍ਰੋ. ਦਰਸ਼ਨ ਸਿੰਘ ਵਲੋਂ ਦਿੱਤੇ ਸਪੱਸ਼ਟੀਕਰਨ ਬਾਰੇ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰਾਂ ਕਰਨ ਤੋਂ ਬਾਅਦ ਹੁਕਮਨਾਮਾ ਵਾਪਸ ਲੈ ਕੇ ਪ੍ਰੋ. ਦਰਸ਼ਨ ਸਿੰਘ ਨੂੰ ਪੰਥ ਵਿਚ ਸ਼ਾਮਲ ਕੀਤਾ ਜਾਵੇ ਅਤੇ ਅਗਾਮੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪ੍ਰੋ. ਦਰਸ਼ਨ ਸਿੰਘ ਵਿਦੇਸ਼ ਚਲੇ ਜਾਣ ਅਤੇ ਚੋਣਾਂ ਤੋਂ ਬਾਅਦ ਹੀ ਭਾਰਤ ਪਰਤਣ। ਸ. ਬਾਦਲ ਦੀ ਸਿਆਸਤ ਨਾਲ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸ. ਪਰਮਜੀਤ ਸਿੰਘ ਸਰਨਾ ਨੂੰ ਢਾਹ ਲੱਗੇਗੀ। ਸੂਤਰਾਂ ਨੇ ਦੱਸਿਆ ਕਿ ਕੁੱਝ ਸਮੇਂ ਤੋਂ ਪਰਮਜੀਤ ਸਿੰਘ ਸਰਨਾ ਪ੍ਰੋ. ਦਰਸ਼ਨ ਸਿੰਘ ਦਾ ਸਾਥ ਨਹੀਂ ਦੇ ਰਹੇ ਸਨ ਜਿਸ ਕਾਰਨ ਪ੍ਰੋ. ਦਰਸ਼ਨ ਸਿੰਘ ਨੇ ਵੀ ਪੈਂਤੜਾ ਬਦਲ ਲਿਆ। ਜਦੋਂ ਪ੍ਰੋ. ਦਰਸ਼ਨ ਸਿੰਘ ਨੂੰ ਇਸ ਸਮਝੌਤੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੇ ਨਜ਼ਦੀਕੀਆਂ ਨੇ ਚੜ੍ਹਦੀਕਲਾ ਨੂੰ ਦੱਸਿਆ ਕਿ ਸਾਡੇ ਨਾਲ ਬਾਦਲਕਿਆਂ ਦਾ ਕੋਈ ਸਮਝੌਤਾ ਨਹੀਂ ਹੋਇਆ, ਪਰ ਇਕ ਪੰਜਾਬੀ ਅਖਬਾਰ ਨੇ ਕੁੱਝ ਲਿਖ ਕੇ ਸਰਕਾਰ ਨੂੰ ਦੱਸ ਦਿੱਤਾ ਹੈ ਕਿ ਉਹ ਪ੍ਰੋ. ਦਰਸ਼ਨ ਸਿੰਘ ਦਾ ਸਾਥ ਛੱਡ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਅਖਬਾਰ ਦਾ ਸਾਥ ਦੇਵੇਗੀ। ਪ੍ਰੋ. ਦਰਸ਼ਨ ਸਿੰਘ ਦੇ ਨੇੜਲੇ ਸਾਥੀਆਂ ਨੇ ਕਿਹਾ ਕਿ ਨਾ ਤਾਂ ਅਸੀਂ ਸ. ਬਾਦਲ ਨੂੰ ਮਿਲੇ ਹਾਂ ਅਤੇ ਨਾ ਹੀ ਕਿਸੇ ਜਥੇਦਾਰ ਜਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ ਹੋਈ ਹੈ। ਸਮਝੌਤੇ ਬਾਰੇ ਕਿਸੇ ਵਲੋਂ ਅਫ਼ਵਾਹ ਫੈਲਾਈ ਗਈ ਹੈ, ਜੇਕਰ ਕੋਈ ਸਮਝੌਤਾ ਹੋਇਆ ਤਾਂ ਉਹ ਲਕੋ ਕੇ ਨਹੀਂ ਸਗੋਂ ਸੰਗਤ ਸਾਹਮਣੇ ਹੋਵੇਗਾ