This option will reset the home page of Nava Panga Online restoring closed widgets and categories.

Reset Nava Panga Online homepage

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਨਾਨਕਸ਼ਾਹੀ ਕੈਲੰਡਰ’ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਜਥੇ. ਅਵਤਾਰ ਸਿੰਘ ਵੱਲੋਂ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈਆਂ

ਅੰਮ੍ਰਿਤਸਰ, 14 ਮਾਰਚ (ਲਾਲੀ ਬਾਠ ਮੁਗਲ ਮਾਜਰਾ ) : ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਨਵੇਂ ਸਾਲ ਵਾਲੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੋਧਿਆ ਹੋਇਆ ‘ਨਾਨਕਸ਼ਾਹੀ ਕੈਲੰਡਰ’ ਸੰਮਤ 542 ਰੀਲੀਜ਼ ਕਰਦਿਆਂ ਸਿੱਖ ਸੰਗਤਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀਆਂ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਅਤੇ ਆਪਣੇ ਸਮਾਜਿਕ ਕਾਰ-ਵਿਹਾਰ ਵੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਕਰਨ। ਉਨ੍ਹਾਂ ਕਿਹਾ ਕਿ ਕੈਲੰਡਰ ਵਿਚ ਕੀਤੀਆਂ ਸੋਧਾਂ ਮੁਤਾਬਿਕ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਜੇਠ ਸੁਦੀ ਚੌਥ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਪੋਹ ਸੁਦੀ ਸੱਤਵੀਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਪੁਰਬ ਕੱਤਕ ਸੁਦੀ ਪੰਚਮੀਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਪੁਰਬ ਕੱਤਕ ਸੁਦੀ ਦੂਜ ਨੂੰ ਮਨਾਏ ਜਾਣਗੇ ਅਤੇ ਮਹੀਨੇ ਦੀ ਆਰੰਭਤਾ (ਸੰਗਰਾਂਦਾਂ) ਪੁਰਾਤਨ ਅਨੁਸਾਰ ਹੀ ਹੋਣਗੀਆਂ। ਉਨ੍ਹਾਂ ਕੈਲੰਡਰ ਜਾਰੀ ਕਰਨ ਉਪਰੰਤ ਪਹਿਲੇ ਪੰਜ ਕੈਲੰਡਰ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੂੰ ਭੇਟ ਕੀਤੇ ਕੈਲੰਡਰ ਰਿਲੀਜ਼ ਕਰਨ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਦੇਸ਼ਾਂ ਅਨੁਸਾਰ ਨਾਨਕਸ਼ਾਹੀ ਕੈਲੰਡਰ ‘ਚ ਸੋਧਾਂ ਕੀਤੇ ਜਾਣ ‘ਤੇ ਪੰਥ ਵਿਚ ਪਈ ਦੁਬਿਧਾ ਤੇ ਦੂਰੀਆਂ ਖ਼ਤਮ ਹੋਣਗੀਆਂ ਅਤੇ ਪੰਥ ਵਿਚ ਇਕਜੁਟਤਾ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਜਗਤ ਦੇ ਮਹਾਨ ਜਰਨੈਲ ਤੇ ਪਹਿਲੇ ਸਿੱਖ ਬਾਦਸ਼ਾਹ ਬਾਬਾ ਬੰਦਾ ਸਿੰਘ ਜੀ ਬਹਾਦਰ ਵਲੋਂ ‘ਸਰਹਿੰਦ ਫ਼ਤਹਿ ਦਿਵਸ’ ਦੀ ਇਸੇ ਸਾਲ ਮਨਾਈ ਜਾ ਰਹੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਨਾਨਕਸ਼ਾਹੀ ਕੈਲੰਡਰ ‘ਤੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਤਸਵੀਰ ਛਾਪੀ ਗਈ ਹੈ। ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਵੱਡੀ ਗਿਣਤੀ ‘ਚ ਛਪਾਇਆ ਗਿਆ ਹੈ ਅਤੇ ਸੰਗਤਾਂ ਪਾਸ ਪਹੁੰਚਾਉਣ ਲਈ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬ ਸਾਈਟ ‘ਤੇ ਵੀ ਉਪਲਬਧ ਹੈ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖਟੜਾ ਤੇ ਸ. ਜੋਗਿੰਦਰ ਸਿੰਘ ਅਦਲੀਵਾਲ, ਐਡੀ. ਸਕੱਤਰ ਸ. ਸਤਬੀਰ ਸਿੰਘ, ਸ. ਹਰਜੀਤ ਸਿੰਘ ਤੇ ਸ. ਰੂਪ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਮਹਿੰਦਰ ਸਿੰਘ, ਸ. ਬਲਵਿੰਦਰ ਸਿੰਘ, ਸ. ਗੁਰਬਚਨ ਸਿੰਘ, ਸ. ਜਸਪਾਲ ਸਿੰਘ, ਸ. ਹਰਭਜਨ ਸਿੰਘ ਤੇ ਸ. ਦਿਲਬਾਗ ਸਿੰਘ, ਨਿਜੀ ਸਹਾਇਕ ਸ. ਪ੍ਰਮਜੀਤ ਸਿੰਘ ਸਰੋਆ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਸੈਕਸ਼ਨ 85 ਦੇ ਇੰਚਾਰਜ ਸ. ਸੁਖਦੇਵ ਸਿੰਘ, ਸੰਤ ਹਰੀਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਬਲਬੀਰ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ ਅਤੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ

  • Share/Bookmark