ਕਿਸਾਨਾਂ ਨੂੰ ਜ਼ਮੀਨ ਦਾ ਉਚਿਤ ਮੁਆਵਜ਼ਾ ਮਿਲੇ : ਸੋਨੀਆ
ਨਵੀਂ ਦਿੱਲੀ, ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਜ਼ਮੀਨ ਐਕਵਾਇਰ ਮਾਮਲੇ ਵਿਚ ਕਿਸਾਨਾਂ ਦਾ ਸਮਰਥਨ ਕੀਤਾ ਹੈ। ਸੋਨੀਆ ਨੇ ਕਿਹਾ ਹੈ ਕਿ ਕੰਪਨੀਆਂ ਨੂੰ ਖੇਤੀ ਯੋਗ ਜ਼ਮੀਨ ਐਕਵਾਇਰ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੇ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤੇ ਜਾਣ ਦੀ ਵਕਾਲਤ ਕੀਤੀ। ਉਨ੍ਹਾਂ ਨੇ ਸਪਸ਼ਟ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਸਹੀ ਮੁਆਵਜ਼ਾ ਮਿਲੇ। ਜ਼ਿਕਰਯੋਗ ਹੈ ਕਿ ਕੱਲ੍ਹ ਸੁਪਰੀਮ ਕੋਰਟ ਨੇ ਨੋਇਡਾ ਐਕਸਪ੍ਰੈਸ ਵੇਅ ਲਈ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਦੇ ਫੈਸਲੇ ਨੂੰ ਸਹੀ ਠਹਿਰਾਇਆ ਸੀ। ਅੱਜ ਸੋਨੀਆ ਵੱਲੋਂ ਦਿੱਤਾ ਉਕਤ ਬਿਆਨ ਇਸੇ ਸਬੰਧ ਵਿਚ ਮੰਨਿਆ ਜਾ ਰਿਹਾ ਹੈ। ਅਦਾਲਤ ਨੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਨੂੰ ਜਾਇਜ਼ ਕਰਾਰ ਦਿੱਤਾ ਸੀ। ਸੋਨੀਆ ਗਾਂਧੀ ਨੇ ਕਿਹਾ ਕਿ ਕੰਪਨੀਆਂ ਵੱਲੋਂ ਖੇਤੀ ਯੋਗ ਜ਼ਮੀਨ ਐਕਵਾਇਰ ਹੋਣ ਕਰਨ ਨਾਲ ਫਸਲ ਉਤਪਾਦਨ ‘ਤੇ ਲਗਾਤਾਰ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਐਕਵਾਇਰ ਇਸ ਢੰਗ ਨਾਲ ਹੋਣੀ ਚਾਹੀਦੀ ਹੈ, ਜਿਸ ਨਾਲ ਉਪਜਾਊ ਜ਼ਮੀਨ ਨੂੰ ਜ਼ਿਆਦਾ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਵਿਕਾਸ ਦੇ ਨਾਂਅ ‘ਤੇ ਖੇਤੀ ਯੋਗ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ ਤਾਂ ਇਸ ਦੀ ਅਣਦੇਖੀ ਨਹੀਂ ਹੋਣੀ ਚਾਹੀਦੀ।